ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਦੇ ਮੱਦਨਜ਼ਰ ਤਾਮਿਲਨਾਡੂ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਸੜਕ ਦੁਰਘਟਨਾ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਦੀਆਂ ਸਹੂਲਤਾਂ ਪ੍ਰਦਾਨ ਕਰਨ ਵਾਲੇ ਲੋਕਾਂ ਨੂੰ ਇਨਾਮ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਜਾਵੇਗਾ । ਦਰਅਸਲ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਗਈ ਹੈ।

ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਟਵੀਟ ਕਰਦਿਆਂ ਐਲਾਨ ਕੀਤਾ ਹੈ ਕਿ ਜੋ ਲੋਕ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਮਦਦ ਕਰਦੇ ਹਨ ਅਤੇ ਉਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਉਂਦੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਅਤੇ 5000 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਜਾਵੇਗਾ ।

ਸਟਾਲਿਨ ਦੇ ਇਸ ਐਲਾਨ ਨੂੰ ਤਾਮਿਲਨਾਡੂ ਵਿੱਚ ਸੜਕ ਦੁਰਘਟਨਾ ਦੇ ਸ਼ਿਕਾਰ ਹੋਏ ਲੋਕਾਂ ਦੀ ਜਾਨ ਬਚਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਸੜਕ ਹਾਦਸਿਆਂ ਦੇ ਪੀੜਤ ਲੋਕਾਂ ਨੂੰ ਨਜ਼ਰਅੰਦਾਜ਼ ਨਾ ਕਰਨ ਲਈ ਪ੍ਰੇਰਨਾ ਮਿਲੇਗੀ। ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਸਭ ਤੋਂ ਵੱਡੀ ਰੁਕਾਵਟ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਣ ਵਿੱਚ ਅਸਮਰਥ ਹੋਣਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਸਟਾਲਿਨ ਨੇ ਇਸ ਤੋਂ ਪਹਿਲਾਂ 48 ਘੰਟਿਆਂ ਦੇ ਅੰਦਰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ‘ਇਨੂਇਰ ਕਾਪਨ’ ਸਕੀਮ ਸ਼ੁਰੂ ਕੀਤੀ ਸੀ। ਇਸ ਨੂੰ ਸੂਬੇ ਭਰ ਦੇ 609 ਹਸਪਤਾਲਾਂ ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਵਿੱਚ 408 ਨਿੱਜੀ ਹਸਪਤਾਲਾਂ ਤੇ 201 ਸਰਕਾਰੀ ਹਸਪਤਾਲਾਂ ਨੂੰ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਅਤੇ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਲਈ ਇੱਕ ਨੈੱਟਵਰਕ ਨਾਲ ਜੋੜਿਆ ਗਿਆ ਸੀ। ਇਸ ਯੋਜਨਾ ਵਿੱਚ ਸੜਕ ਦੁਰਘਟਨਾ ਦੇ ਪੀੜਤਾਂ ਨੂੰ 1 ਲੱਖ ਰੁਪਏ ਤੱਕ ਦੇ ਵੱਧ ਤੋਂ ਵੱਧ ਕਵਰ ਦੇ ਨਾਲ ਲਗਭਗ 81 ਪ੍ਰਵਾਨਿਤ ਲਾਈਵ-ਸੇਵਿੰਗ ਇਲਾਜਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਯੋਜਨਾ ਵਿੱਚ ‘ਮੁੱਖ ਮੰਤਰੀ ਵਿਆਪਕ ਸਿਹਤ ਬੀਮਾ ਯੋਜਨਾ’ ਦੇ ਲਾਭਪਾਤਰੀ ਅਤੇ ਇਸ ਦੇ ਗੈਰ-ਲਾਭਪਾਤਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਇਸ ਤਹਿਤ ਪਹਿਲੇ 48 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਲੋਕਾਂ ਅਤੇ ਸੂਬੇ ਵਿੱਚ ਆਉਣ ਆਲੇ ਹੋਰ ਸਾਰੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
Comment here