ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰ ਹਰਦੀਪਇੰਦਰ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ। ਹਰਦੀਪਇੰਦਰ ਸਿੰਘ ਬਾਦਲ ਪਿਛਲੇ ਕੁਝ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ।
ਕੁਝ ਮਹੀਨੇ ਪਹਿਲਾਂ ਹਰਦੀਪ ਇੰਦਰ ਸਿੰਘ ਬਾਦਲ ਦਾ ਦਿੱਲੀ ਵਿਚ ਵੀ ਇਲਾਜ ਹੋਇਆ ਸੀ ਪਰ ਬੀਤੇ ਐਤਵਾਰ ਨੂੰ ਉਨ੍ਹਾਂ ਨੂੰ ਫਿਰ ਤੋਂ ਤਕਲੀਫ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਹਰਦੀਪਇੰਦਰ ਸਿੰਘ ਬਾਦਲ ਪਹਿਲੀ ਵਾਰ 1980 ਵਿਚ ਲੰਬੀ ਵਿਧਾਨ ਸਭਾ ਖੇਤਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ 1985 ਵਿਚ ਫਿਰ ਤੋਂ ਉਹ ਲੰਬੀ ਤੋਂ ਵਿਧਾਇਕ ਬਣੇ। 1985 ਵਿਚ ਬਣੀ ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਵਿਚ ਸਰਕਾਰ ਵਿਚ ਉਨ੍ਹਾਂ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਸੀ।ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਕਾਂਗਰਸ ਵਿਚ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਸਿਆਸਤ ਤੋਂ ਦੂਰੀ ਹੀ ਬਣਾਈ ਹੋਈ ਸੀ। ਉਹ ਆਪਣੇ ਪਿੱਛੇ ਪਤਨੀ ਤੇ ਧੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਪਿੰਡ ਬਾਦਲ ਦੇ ਸ਼ਮਸ਼ਾਨਘਾਟ ਵਿਚ ਹੋਵੇਗਾ। ਉਨ੍ਹਾਂ ਦੇ ਦਿਹਾਂਤ ‘ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।