ਬੀਤੇ ਦਿਨੀਂ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਮੈਂਬਰ ਪ੍ਰਨੀਤ ਕੌਰ ਨੇ ਚਿੰਤਾ ਜ਼ਾਹਿਰ ਕੀਤਾ ਹੈ ਤੇ ਨਾਲ ਹੀ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਵਾਧਾ ਬਹੁਤ ਚਿੰਤਾਜਨਕ ਹੈ। ਪੰਜਾਬ ਪੁਲਿਸ ਇਨ੍ਹਾਂ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਬਸ਼ਰਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਦੂਜੇ ਪਾਸੇ ਸਾਂਸਦ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਦੇ 2 ਵਿਅਕਤੀਆਂ ਦੇ ਕਤਲ ਬਾਰੇ ਜਾਣ ਕੇ ਬਹੁਤ ਦੁਖੀ ਤੇ ਚਿੰਤਤ ਹਾਂ। ਪੰਜਾਬ ਦੀ ਸ਼ਾਂਤੀ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਪੰਜਾਬ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੀ ਵੱਧ ਰਹੀ ਗਿਣਤੀ ਵਲ ਧਿਆਨ ਦੇਣ ਅਤੇ ਇਨ੍ਹਾਂ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕਰਦੀ ਹਾਂ। ਮੇਰੀਆਂ ਦਿਲੀ ਸੰਵੇਦਨਾ ਅਤੇ ਦੁਆਵਾਂ ਦੋਹਾਂ ਪੀੜਤ ਪਰਿਵਾਰਾਂ ਦੇ ਨਾਲ ਹਨ ਤੇ ਮੈਂ ਵਾਹਿਗੁਰੂ ਜੀ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦੀ ਹਾਂ।