ਸਹਿਕਾਰੀ ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲਿਆਂ ਖਿਲਾਫ ਮਾਨ ਸਰਕਾਰ ਵੱਲੋਂ ਅਪਣਾਏ ਗਏ ਸਖਤ ਰੁਖ਼ ‘ਤੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਤੋਂ ਇਹ ਗ੍ਰਿਫਤਾਰੀ ਵਾਰੰਟ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਹ ਵਾਰੰਟ ਰੱਦ ਨਾ ਹੋਏ ਤਾਂ ਉਹ ਅੰਦੋਲਨ ਕਰਨ ਲਈ ਤਿਆਰ ਹਨ।
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੈਂਡ-ਮਾਰਗੇਜ ਬੈਂਕ ਅਧਿਕਾਰੀਆਂ ਵੱਲੋਂ ਕਰਜ਼ੇ ਮੋੜਨੋਂ ਅਸਮਰੱਥ ਕਿਸਾਨਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ।

ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਰਜ਼ਿਆਂ ਦੇ ਭਾਰੀ ਬੋਝ ਥੱਲੇ ਪਿਸਦੇ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ਦਾ ਜਾਬਰ ਸਿਲਸਿਲਾ ਤੁਰੰਤ ਬੰਦ ਕੀਤਾ ਜਾਵੇ। ਆਪਣੇ ਚੋਣ ਵਾਅਦੇ ਮੁਤਾਬਕ ਅਜਿਹੇ ਬੇਬਸ ਸਮੂਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸੂਦਖੋਰੀ ਸਮੇਤ ਸਮੁੱਚੇ ਕਰਜ਼ਿਆਂ ‘ਤੇ ਲਕੀਰ ਮਾਰੀ ਜਾਵੇ।
ਸਰਕਾਰ ਵੱਲੋਂ ਗ੍ਰਿਫਤਾਰੀ ਵਰੰਟ ਰੱਦ ਨਾ ਕਰਨ ਦੀ ਸੂਰਤ ਵਿੱਚ ਕਿਸਾਨ ਆਗੂਆਂ ਵੱਲੋਂ ਇਸ ਜਾਬਰ ਸਿਲਸਿਲੇ ਵਿਰੁੱਧ ਤੁਰੰਤ ਅੰਦੋਲਨ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
Comment here