Indian PoliticsNationNewsPunjab newsWorld

ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਆਰਐੱਸਐੱਸ ਦੇ ਗੜ੍ਹ ਨਾਗਪੁਰ ਪੁੱਜੇ। CM ਮਾਨ ਨੇ ਇੱਥੇ ਪ੍ਰਮੁੱਖ ਅਖਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਉਪਰਾਲਾ ਕਰਾਂਗੇ। ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਅਤੇ ਪ੍ਰਦੂਸ਼ਣ ਦੇ ਖਾਤਮੇ ਤੋਂ ਇਲਾਵਾ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ।”

CM ਮਾਨ ਨੇ ਕਿਹਾ ਕਿ ਜੋ ਪੰਜਾਬ ਦਾਰਾ ਸਿੰਘ, ਮਿਲਖਾ ਸਿੰਘ ਤੇ ਫੌਜ ਦੇ ਜਰਨੈਲਾਂ ਲਈ ਜਾਣਿਆਂ ਜਾਂਦਾ ਸੀ, ਫਿਰ ਤੋਂ ਉਹੀ ਪੰਜਾਬ ਬਣਾਵਾਂਗੇ। ਨੌਜਵਾਨਾਂ ਦੇ ਹੱਥਾਂ ਵਿਚ ‘ਡਰੱਗ ਸਰਿੰਜਾਂ’ ਦੀ ਬਜਾਏ ‘ਟਿਫਨ ਬਾਕਸ’ ਦੇਵਾਂਗੇ ਤਾਂ ਕਿ ਉਹ ਕੰਮ ‘ਤੇ ਜਾਣ ਤੇ ਆਪਣੇ ਪਰਿਵਾਰ ਨਾਲ ਆਪਣੀ ਜ਼ਿੰਦਗੀ ਬਸਰ ਕਰ ਸਕਣ। ਉਨ੍ਹਾਂ ਕਿਹਾ ਕਿ ਕੋਈ ਅਜਿਹਾ ਵਿਅਕਤੀ ਅਜਿਹਾ ਨਹੀਂ ਹੈ, ਜੋ ਨੌਕਰੀ ਵੀ ਕਰਦਾ ਹੋਵੇ ਤੇ ਡਰੱਗਜ਼ ਵੀ ਲੈਂਦਾ ਹੋਵੇ। ਜੇਕਰ ਅਸੀ ਬੇਰੋਜ਼ਗਾਰੀ ਦੂਰ ਕਰ ਸਕੇ ਤਾਂ ਬਹੁਤ ਸਾਰੀਆਂ ਸਮੱਸਿਆਵਾਂ ਵੀ ਦੂਰ ਹੋ ਜਾਣਗੀਆਂ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਪੈਰ ਪਸਾਰ ਲਏ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਉਲਟਾ ਦੇਵੇਗੀ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ। ਵੰਡ ਦੀ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਵੰਡਣ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਵਿਰੁੱਧ ਕੌਮ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਕੀਤਾ ਗਿਆ ਭਲਾਈ ਅਤੇ ਵਿਕਾਸ ਅਧਾਰਤ ਏਜੰਡਾ ਹੀ ਫੁੱਟ ਪਾਊ ਰਾਜਨੀਤੀ ਦੇ ਰੱਥ ਨੂੰ ਰੋਕਣ ਦਾ ਇੱਕੋ ਇੱਕ ਹਥਿਆਰ ਹੈ। ਮਾਨ ਨੇ ਕਿਹਾ ਕਿ ਇਹ ਸਮਾਂ ਆ ਗਿਆ ਹੈ ਕਿ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋ ਕੇ ਸਮਾਜ ਵਿੱਚ ਫੁੱਟ ਦਾ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰਨ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬ੍ਰਿਟਿਸ਼ ਸ਼ਾਸਨ ਦੇ 200 ਸਾਲਾਂ ਦੇ ਮੁਕਾਬਲੇ ਇਸ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ ਅਤੇ ਉਹ ਸੂਬੇ ਨੂੰ ਉੱਚ ਵਿਕਾਸ ਦੇ ਲੀਹ ‘ਤੇ ਲਿਆਉਣ ਲਈ ਵਚਨਬੱਧ ਹਨ। ਮਾਨ ਨੇ ਕਿਹਾ ਕਿ ਇਸ ਫ਼ਤਵੇ ਨਾਲ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਵੀ ਆ ਗਈਆਂ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਮਿਲਿਆ ਹੈ ਜਿਨ੍ਹਾਂ ਨੇ ਅਜਿਹੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਮੁਹਾਰਤ ਦਾ ਸਬੂਤ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇੱਕ ਵਿਧਾਇਕ ਇੱਕ ਪੈਨਸ਼ਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਵਰਗੀਆਂ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜੋ ਪੰਜਾਬ ਨੂੰ ਮੁੜ ਸੁਰਜੀਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਫੈਸਲੇ ਲਏ ਜਾਣਗੇ। ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Comment here

Verified by MonsterInsights