ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੋਣਗੇ । ਉਹ 15 ਮਈ ਨੂੰ ਅਹੁਦਾ ਸੰਭਾਲਣਗੇ । ਰਾਜੀਵ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਕਾਨੂੰਨ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਰਾਜੀਵ ਕੁਮਾਰ ਦੀ ਨਿਯੁਕਤੀ ਕੀਤੀ ਗਈ ਹੈ।
ਕਾਨੂੰਨ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ 14 ਮਈ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਤੋਂ ਬਾਅਦ ਰਾਜੀਵ ਕੁਮਾਰ 15 ਮਈ ਨੂੰ ਅਹੁਦਾ ਸੰਭਾਲਣਗੇ।
ਦੱਸ ਦੇਈਏ ਕਿ ਰਾਜੀਵ ਕੁਮਾਰ ਨੂੰ 1 ਸਤੰਬਰ 2020 ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਸੀ। ਰਾਜੀਵ ਕੁਮਾਰ ਚੋਣ ਕਮਿਸ਼ਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਪਬਲਿਕ ਇੰਟਰਪ੍ਰਾਈਜਿਜ਼ ਸਿਲੈਕਸ਼ਨ ਬੋਰਡ (ਪੀ.ਈ.ਐੱਸ.ਬੀ.) ਦੇ ਚੇਅਰਮੈਨ ਸਨ। ਉਨ੍ਹਾਂ ਨੇ ਅਪ੍ਰੈਲ 2020 ਵਿੱਚ ਪੀਈਐਸਬੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸੀ । ਰਾਜੀਵ ਕੁਮਾਰ ਬਿਹਾਰ/ਝਾਰਖੰਡ ਕੇਡਰ ਦੇ 1984 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀ ਹਨ ਅਤੇ ਫਰਵਰੀ 2020 ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸੇਵਾਮੁਕਤ ਹੋਏ।ਜ਼ਿਕਰਯੋਗ ਹੈ ਕਿ ਰਾਜੀਵ ਕੁਮਾਰ ਨੇ 2004-2006 ਤੱਕ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਦੇ ਮੁੱਖ ਅਰਥ ਸ਼ਾਸਤਰੀ ਅਤੇ 2011-2013 ਦੌਰਾਨ ਫੈਡਰੇਸ਼ਨ ਆਫ਼ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ (FICCI) ਦੇ ਸਕੱਤਰ ਜਨਰਲ ਵਜੋਂ ਵੀ ਕੰਮ ਕੀਤਾ।