ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁਹਾਲੀ ਦੇ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਿਛਲੇ 12 ਦਿਨ ਵਿੱਚ 1008 ਏਕੜ ਸ਼ਾਮਲਾਟ ਜ਼ਮੀਨਾਂ ਦਾ ਨਾਜਾਇਜ਼ ਕਬਜ਼ਾ ਛੁਡਵਾਇਆ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ 1 ਮਈ ਤੋਂ ਕਬਜ਼ੇ ਛੁਡਾਉਣ ਦਾ ਇਹ ਕੰਮ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।
ਮੰਤਰੀ ਧਾਲੀਵਾਲ ਨੇ ਕਿਹਾ ਕਿ 35 ਏਕੜ ਪੰਚਾਇਤੀ ਜ਼ਮੀਨ ਜਿਸ ’ਤੇ ਕਈ ਲੋਕ ਖੇਤੀ ਕਰ ਰਹੇ ਸਨ ਜਾਂ ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਸਨ, ਖ਼ੁਦ ਮੇਰੇ ਦਫ਼ਤਰ ਆ ਕੇ ਇਹ ਨਾਜਾਇਜ਼ ਜ਼ਮੀਨਾਂ ਸਰਕਾਰ ਹਵਾਲੇ ਕਰ ਰਹੇ ਹਨ ਅਤੇ ਕਈ ਲੋਕ ਸਾਡੇ ਸੰਪਰਕ ’ਚ ਹਨ ਜੋ ਖ਼ੁਦ ਜ਼ਮੀਨ ਦੇਣ ਬਾਰੇ ਸਾਡੇ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਮਈ ਤੱਕ ਸਾਰੀਆਂ ਸ਼ਾਮਲਾਟ ਜ਼ਮੀਨਾਂ ਦੇ ਕਬਜ਼ੇ ਆਪ ਹੀ ਛੱਡ ਦੇਣ ਅਤੇ ਜੇਕਰ ਲੋਕ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਮਾਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ, ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।
ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ, ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਜਿਹੀ ਹੀ ਇੱਕ ਹੋਰ ਪਹਿਲ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਾਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈੱਲ ਸਥਾਪਨਾ ਵੀ ਕੀਤੀ ਹੈ। ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ।
ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ। ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ।