ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਝੋਨੇ ਦੀ ਬਿਜਾਈ ਲਈ ਉਲੀਕੇ ਪੜਾਅਵਾਰ ਪ੍ਰੋਗਰਾਮ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਇਹ ਉਪਰਾਲਾ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਹੁਤ ਹੀ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਪ੍ਰਤੀ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੀ।
ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਇੱਕ ਕਿਸਾਨ ਦਾ ਪੁੱਤ ਹਾਂ ਅਤੇ ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸਾਨਾਂ ਨੂੰ ਕਿਹੜੀ ਜ਼ਰੂਰਤ ਹੈ। ਮੈਂ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਤੋਂ ਵੀ ਪੂਰੀ ਤਰ੍ਹਾਂ ਜਾਣੂੰ ਹਾਂ।” ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਪਾਣੀ ਤੇ ਹਵਾ ਨੂੰ ਬਚਾਉਣ ਵਿਚ ਮੇਰਾ ਕੋਈ ਨਿੱਜੀ ਹਿੱਤ ਨਹੀਂ ਛੁਪਿਆ ਸਗੋਂ ਇਨ੍ਹਾਂ ਬਹੁਮੁੱਲੇ ਕੁਦਰਤੀ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਇਸ ਨੇਕ ਕਾਰਜ ਵਾਸਤੇ ਅੱਗੇ ਆ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਪਾਸੋਂ ਇੱਕ ਸਾਲ ਤੱਕ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਵੀ ਹੈ ਤਾਂ ਸੂਬਾ ਸਰਕਾਰ ਉਸ ਦੀ ਭਰਪਾਈ ਕਰੇਗੀ। ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਉਹ ਦੱਸਣ ਕਿ ਜੇਕਰ ਸੂਬੇ ਵਿੱਚ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਬਾਰੇ ਉਹ (ਮੁੱਖ ਮੰਤਰੀ) ਚੰਗਾ ਸੋਚ ਰਹੇ ਹਨ ਤਾਂ ਕਿ ਇਸ ਵਿਚ ਉਹ ਕਿੱਥੇ ਗਲਤ ਹਨ। ਭਗਵੰਤ ਮਾਨ ਨੇ ਅੰਦੋਲਨਕਾਰੀ ਜਥੇਬੰਦੀਆਂ ਨੂੰ ਇਹ ਵੀ ਸਵਾਲ ਕੀਤਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਪਰਾਲੀ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਅੱਗ ਲੱਗਣ ਕਾਰਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਤਾਂ ਉਨ੍ਹਾਂ ਨੇ ਉਸ ਵੇਲੇ ਚੁੱਪ ਕਿਉਂ ਵੱਟੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਹੋ ਜਿਹਾ ਰਾਹ ਫੜਨ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਠੋਸ ਉਪਰਾਲੇ ਕਰੀਏ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਆਪਣਾ ਫਰਜ਼ ਸਮਝਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੌਜੂਦਾ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।
Comment here