Site icon SMZ NEWS

ਅਗਲੇ 5 ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਦੇਸ਼ ਦੇ ਬਹੁਤ ਸਾਰੇ ਰਾਜਾਂ ਵਿੱਚ ਲੋਕਾਂ ਨੂੰ ਲਗਾਤਾਰ ਪੈ ਰਹੀ ਕੜਾਕੇ ਦੀ ਗਰਮੀ ਤੋਂ ਰਾਹਤ ਮਿਲ ਰਹੀ ਹੈ । ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਜ਼ੋਰਦਾਰ ਬਾਰਿਸ਼ ਹੋ ਰਹੀ ਹੈ । ਜਿਸਦੇ ਚੱਲਦਿਆਂ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ ਦੇਖਣ ਨੂੰ ਮਿਲ ਰਹੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ-ਪੂਰਬੀ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਾਮ ਅਤੇ ਮੇਘਾਲਿਆ ਵਿੱਚ 2 ਜੂਨ ਤੋਂ 4 ਜੂਨ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

India weather update

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਉੱਤਰਾਖੰਡ, ਮਹਾਰਾਸ਼ਟਰ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਵੀ ਮੀਂਹ ਪੈ ਸਕਦਾ ਹੈ । ਦੱਖਣੀ ਭਾਰਤ ਵਿੱਚ ਮਾਨਸੂਨ ਅੱਗੇ ਵਧ ਰਿਹਾ ਹੈ, ਪਰ ਇਸਦੀ ਰਫ਼ਤਾਰ ਵਿੱਚ ਮਾਮੂਲੀ ਕਮੀ ਆਈ ਹੈ। IMD ਅਨੁਸਾਰ ਇਹ ਕਰਨਾਟਕ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਦੱਖਣ-ਪੱਛਮ ਦੇ ਕਈ ਖੇਤਰਾਂ ਵਿੱਚ ਅੱਗੇ ਵਧਿਆ ਹੈ । ਅਰਬ ਸਾਗਰ ਤੋਂ ਆਉਣ ਵਾਲੀਆਂ ਮਾਨਸੂਨ ਹਵਾਵਾਂ ਦੇ ਪ੍ਰਭਾਵ ਕਾਰਨ ਕੇਰਲ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਕਰਨਾਟਕ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਪੱਛਮੀ ਗੜਬੜੀ ਬਣੀ ਹੋਈ ਹੈ, ਜਿਸ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਪੱਛਮੀ ਰਾਜਸਥਾਨ ਤੋਂ ਲੈ ਕੇ ਹਰਿਆਣਾ, ਯੂਪੀ, ਬਿਹਾਰ ਤੱਕ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਜਿਸ ਕਾਰਨ ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।

Exit mobile version