ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਗੈਸ ਕੰਪਨੀਆਂ ਨੇ ਦੇਸ਼ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ।
ਗੈਸ ਕੰਪਨੀਆਂ ਨੇ ਘਰੇਲੂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਮਿਲੀ ਜਾਣਕਾਰੀ ਮੁਤਾਬਕ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਇਸ ਦੀ ਕੀਮਤ 1003 ਰੁਪਏ ਤੋਂ ਵਧ ਕੇ 1053 ਰੁਪਏ ਹੋ ਗਈ ਹੈ।
ਉਥੇ ਹੀ ਪੰਜ ਕਿਲੋ ਵਾਲੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 18 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਕਟੌਤੀ ਕੀਤੀ ਗਈ ਹੈ। 19 ਕਿਲੋ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ 8.50 ਰੁਪਏ ਦੀ ਕਮੀ ਆਈ ਹੈ।
ਇਸ ਤੋਂ ਪਹਿਲਾਂ ਵੀ 1 ਜੁਲਾਈ ਨੂੰ ਤੇਲ ਕੰਪਨੀਆਂ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ਵਿੱਚ 198 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਸੀ, ਜਿਸ ਮਗਰੋਂ ਉਮੀਦ ਕੀਤੀ ਜਾ ਰਹੀ ਸੀ ਕਿ ਆਉਣ ਵਾਲੇ ਸਮੇਂ ‘ਚ ਘਰੇਲੂ ਗੈਸ ਸਿਲੰਡਰ ਵੀ ਸਸਤਾ ਹੋਵੇਗਾ, ਪਰ ਹੁਣ ਕੰਪਨੀਆਂ ਨੇ ਕੀਮਤਾਂ ਵਧਾ ਕੇ ਆਮ ਆਦਮੀ ਨੂੰ ਝਟਕਾ ਦਿੱਤਾ ਹੈ।