ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਗੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਮਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਸੰਧਰ ਸ਼ੂਗਰ ਮਿੱਲ, ਫਗਵਾੜਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੁਹਰਾਈ।
ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾਇਗੀਆਂ ਨਾ ਕਰਨ ‘ਤੇ ਮਿੱਲ ਪ੍ਰਬੰਧਕਾਂ ‘ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਹਦਾਇਤ ਕੀਤੀ ਕਿ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ (ਪਿਛਲੇ ਤਿੰਨ ਸਾਲਾਂ ਤੋਂ) ਦੀ ਰਾਸ਼ੀ ਵਿੱਚੋਂ ਭੂਨਾ, ਹਰਿਆਣਾ ਵਿਖੇ ਮਿੱਲ ਦੀ ਜਾਇਦਾਦ ਨੂੰ ਵੇਚ ਕੇ 22 ਕਰੋੜ ਰੁਪਏ ਦੀ ਰਾਸ਼ੀ ਦੀ ਤੁਰੰਤ ਅਦਾਇਗੀ ਕਰਨਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ ।
ਇਸ ਦੇ ਨਾਲ ਹੀ ਮੰਤਰੀ ਨੇ ਸਾਰੇ ਪਹਿਲੂਆਂ ਨੂੰ ਬਾਰੀਕੀ ਨਾਲ ਘੋਖ ਕੇ ਮਿੱਲ ਦਾ ਆਡਿਟ ਕਰਵਾਉਣ ਦੇ ਹੁਕਮ ਦਿੱਤੇ। ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਪ੍ਰਬੰਧਕਾਂ ਨੂੰ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਾਲ ਨਵੰਬਰ ਤੱਕ ਮਿੱਲ ਦੇ ਕੰਮਕਾਜ ਨੂੰ ਬੰਦ ਕਰਨਾ ਪਵੇਗਾ ।
ਦੱਸ ਦੇਈਏ ਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸਰਵਜੀਤ ਸਿੰਘ, ਡਿਵੀਜ਼ਨਲ ਕਮਿਸ਼ਨਰ ਜਲੰਧਰ ਗੁਰਪ੍ਰੀਤ ਕੌਰ ਸਪਰਾ, ਡੀਸੀ ਕਪੂਰਥਲਾ ਵਿਸ਼ੇਸ਼ ਸਾਰੰਗਲ, ਏਡੀਸੀ ਫਗਵਾੜਾ ਨਯਨ ਜੱਸਲ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਫਗਵਾੜਾ ਮਿੱਲ ਦੇ ਜੀਐਮ ਬੀ.ਪੀ. ਵਰਮਾ ਹਾਜ਼ਰ ਸਨ।