ਅੰਮ੍ਰਿਤਸਰ ਤੋਂ ਹੁਕਮ ਜਾਰੀ ਕਰਨ ਵਾਲੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਤਰੀਕ ਨੂੰ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ, ਪਰ ਜਲੰਧਰ ਵਿੱਚ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ । ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ ।
ਇਸ ਸਬੰਧੀ ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤੱਲ੍ਹਣ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਦੇ ਲੋਕਾਂ ‘ਤੇ ਅਸ਼ਲੀਲ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ ਵਿੱਚ ਇੱਕ ਦਿਨ ਦਾ ਬੰਦ ਰੱਖਿਆ ਗਿਆ ਹੈ। ਸਰਕਾਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਕਿ ਅਨਮੋਲ ਰਤਨ ਸਿੱਧੂ ਦੇ ਖਿਲਾਫ ਐੱਸ.ਏ.ਸੀ.-ਐੱਸ.ਟੀ.ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇ ।
ਰਵਿਦਾਸ ਟਾਈਗਰ ਫੋਰਸ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬੇਸ਼ੱਕ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ ਵਿੱਚ ਦੋਵੇਂ ਭਾਈਚਾਰੇ ਇਕਜੁੱਟ ਹਨ ਅਤੇ ਦੋਵੇਂ ਪੂਰੀ ਤਰ੍ਹਾਂ ਬੰਦ ‘ਤੇ ਡਟੇ ਹੋਏ ਹਨ । ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਦੀ ਮੀਟਿੰਗ ਵੀ ਹੋਈ ਹੈ, ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੰਦ ਦੇ ਸੱਦੇ ਨੂੰ ਜਲੰਧਰ ਦੀਆਂ ਦੁਕਾਨਦਾਰਾਂ ਦੀ ਜੋ ਐਸੋਸੀਏਸ਼ਨ ਹੈ ਉਨ੍ਹਾਂ ਦਾ ਵੀ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਨੇ ਵੀ ਸਮਰਥਨ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੀ ਅਪੀਲ ਕੀਤੀ ਹੈ। ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।