ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਰਾਜ ਸਭਾ ਸਾਂਸਦ ਵਿਕਰਮਜੀਤ ਸਾਹਨੀ ਦੀ ਮੌਜੂਦਗੀ ਵਿਚ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ ਕੀਤੀ ਹੈ। ਇਸ ਫੰਡ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਹੁਸ਼ਿਆਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਵਿਕਰਮਜੀਤ ਸਿੰਘ ਸਾਹਨੀ ਦੁਆਰਾ ਇਸ ਫੰਡ ਵਿਚ 50 ਲੱਖ ਰੁਪਏ ਸਾਲਾਨਾ ਦਾ ਯੋਗਦਾਨ ਦਿੱਤਾ ਜਾਵੇਗਾ। ਸਾਹਨੀ ਵਿਸ਼ਵ ਪੰਜਾਬ ਸੰਸਥਾ ਤੇ ‘ਸਨ ਫਾਊਂਡੇਸ਼ਨ’ ਦੇ ਪ੍ਰਧਾਨ ਵੀ ਹਨ।
‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਸਬੰਧੀ ਬੁਲਾਰੇ ਨੇ ਦੱਸਿਆ ਕਿ ਇਹ ਫੰਡ ਉਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਜੋ ਕਿ ਫੰਡ ਦੀ ਕਮੀ ਕਾਰਨ ਉੱਚ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਫੰਡ ਦੇਣ ਲਈ ਕੁਲਤਾਰ ਸੰਧਵਾਂ ਦੀ ਪ੍ਰਧਾਨਗੀ ਵਿਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਵਾਈਸ ਚੇਅਰਮੈਨ ਮੀਤ ਹੇਅਰ ਹੋਣਗੇ। ਇਹ ਕਮੇਟੀ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰਕੇ ਮਾਲੀ ਸਹਾਇਤਾ ਦੇਣ ਦਾ ਫੈਸਲਾ ਕਰੇਗੀ।