ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਜਲੰਧਰ ਨਰੇਸ਼ ਕਲੇਰ ਤੇ ਇਕ ਪ੍ਰਾਈਵੇਟ ਏਜੰਟ ਰਾਮਪਾਲ ਉਰਫ ਰਾਧੇ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਦਸਤਾਵੇਜ਼ਾਂ ਦੇ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਆਰਟੀਏ ਦਫਤਰਾਂ ਵਿਚ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਮਿਲਣ ਦੇ ਬਾਅਦ ਬਿਊਰੋ ਨੇ ਅੱਜ ਸੂਬੇ ਵਿਚ 7 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮਾਨਸਾ, ਜਲੰਧਰ ਤੇ ਹੁਸ਼ਿਆਰਪੁਰ ਦੇ ਐੱਮਵੀਆਈ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਐੱਮ. ਵੀ. ਆਈ. ਤੇ ਸਬੰਧਤ ਆਰ. ਟੀ. ਏ. ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਸ਼ੱਕੀ ਰਿਕਾਰਡਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਆਰਟੀਏ ਦਫਤਰ ਸੰਗਰੂਰ ਵਿਚ ਵਾਹਨ ਫਿਟਨੈੱਸ ਸਰਟੀਫਿਕੇਟ ਘਪਲੇ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿਚ ਦੋ ਅਧਿਕਾਰੀਆਂ ਅਤੇ ਇਕ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਆਰਟੀਏ, ਐੱਮ. ਵੀ. ਆਈ., ਕਲਰਕਾਂ ਤੇ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।
Comment here