ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ‘ਤੇ ਲੱਗੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਕੀਤੀ ਗਈ ਹੈ।
ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਤੋਂ ਪਰਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਸੋਮਵਾਰ ਨੂੰ ਉਹ ਪ੍ਰੈਸ ਕਾਨਫਰੰਸ ਕਰਕੇ ਪਿਰਮਲ ਧੌਲਾ ਨੂੰ ਪਾਰਟੀ ਵਿੱਚੋਂ ਕੱਢਣ ਬਾਰੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਜਾਣੂ ਕਰਵਾਉਣਗੇ।
ਤੁਹਾਨੂੰ ਦੱਸ ਦੇਈਏ ਕਿ ਪਿਰਮਲ ਸਿੰਘ ਧੌਲਾ ਨੇ 2017 ਵਿੱਚ ਭਦੌੜ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਸੁਖਪਾਲ ਸਿੰਘ ਖਹਿਰਾ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਦੌੜ ਲੱਗੀ ਸੀ ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਿਰਮਲ ਸਿੰਘ ਧੌਲਾ ਹਲਕਾ ਭਦੌੜ ਵਿੱਚ ਪਾਰਟੀ ਗਤੀਵਿਧੀਆਂ ਤੋਂ ਦੂਰ ਚੱਲੇ ਆ ਰਹੇ ਸਨ। ਕਾਂਗਰਸ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਹੁਣ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
Comment here