ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਮੋਬਾਈਲ ਤੋਂ ਧਮਕੀ ਦਿੱਤੀ ਗਈ ਸੀ, ਉਸ ਨੂੰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਨੂੰ ਮੁੰਬਈ ਪੁਲਿਸ ਆਪਣੇ ਨਾਲ ਲੈ ਕੇ ਨਿਕਲ ਗਈ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਜਾਣ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ। ਜਿਸ ਵਿੱਚ ਇੱਕ ਅਣਜਾਣ ਵਿਅਕਤੀ ਨੇ ਰਿਲਾਇੰਸ ਹਸਪਤਾਲ ਨੂੰ ਉਡਾਉਣ ਤੋਂ ਇਲਾਵਾ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਅਤੇ ਬੱਚਿਆਂ ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ ।ਇਸ ਸਬੰਧੀ ਦਰਭੰਗਾ ਦੇ ਐੱਸਐੱਸਪੀ ਅਵਕਾਸ਼ ਕੁਮਾਰ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਦਾ ਨਾਮ ਰਾਕੇਸ਼ ਕੁਮਾਰ ਮਿਸ਼ਰਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਮਾਨਸਿਕ ਤੌਰ ‘ਤੇ ਬਿਮਾਰ ਲੱਗਦਾ ਹੈ। ਮੁੰਬਈ ਪੁਲਿਸ ਉਸਨੂੰ ਆਪਣੇ ਨਾਲ ਲੈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਰਾਕੇਸ਼ ਨੂੰ ਗ੍ਰਿਫ਼ਤਾਰ ਕੀਤਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇੱਕ ਜਵਾਹਰੀ ਨੂੰ ਉਦਯੋਗਪਤੀ ਮੁਕੇਸ਼ ਅੰਬਾਨੀ, ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਕਥਿਤ ਧਮਕੀ ਦੇਣ ਦੇ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।