ਗੈਂਗਸਟਰਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮਾਂ ਦੇ ਕੰਮਕਾਜ ਦਾ ਹਰ 15 ਦਿਨ ਵਿਚ ਰਿਵਿਊ ਕੀਤਾ ਜਾਵੇਗਾ। ਮਸ਼ਹੂਰ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਬਾਅਦ ਪੰਜਾਬ ਪੁਲਿਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਗੈਂਗਸਟਰਾਂ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਬਦਲਿਆ ਜਾਵੇਗਾ।
ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਤੇ ਅਧਿਕਾਰੀਆਂ ਦਾ ਰਿਪੋਰਟ ਕਾਰਡ ਵੀ ਤਿਆਰ ਕੀਤਾ ਜਾਵੇਗਾ। ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਦੀਪਕ ਉਰਫ ਟੀਨੂੰ ਦੇ ਪੁਲਿਸ ਕਸਟੱਡੀ ਤੋਂ ਭੱਜਣ ਦੇ ਬਾਅਦ SIT ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਪ੍ਰਿਤਪਾਲ ਦੀ ਪਿਛਲੇ ਕਾਫੀ ਦਿਨਾਂ ਤੋਂ ਕਈ ਨੰਬਰਾਂ ‘ਤੇ ਗੱਲ ਹੋ ਰਹੀ ਸੀ। ਇਸ ਮਾਮਲੇ ਵਿਚ ਕੁਝ ਹੋਰ ਪੁਲਿਸ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਜਲਦ ਹੀ ਪੁਲਿਸ ਵੱਲੋਂ ਗ੍ਰਿਫਤਾਰੀਆਂ ਕੀਤੀਆਂ ਜਾ ਸਕਦੀਆਂ ਹਨ।

ਗੈਂਗਸਟਰਾਂ ਦੀ ਸੁਰੱਖਿਆ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ ਇਸ ਲਈ ਜਾਂਚ ਅਧਿਕਾਰੀ ਪੂਰੀ ਤਰ੍ਹਾਂ ਤੋਂ ਜ਼ਿੰਮੇਵਾਰ ਹੋਣਗੇ। ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਪਿਛਲੇ 6 ਮਹੀਨੇ ਵਿਚ 50 ਦੇ ਲਗਭਗ ਛੋਟੇ ਤੋਂ ਵੱਡੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਕੋਸ਼ਿਸ਼ ਕੀਤੀ ਜਾਵੇ ਕਿ ਹਾਰਡ ਕੋਰ ਗੈਂਗਸਟਰਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਕਰਵਾਈ ਜਾਵੇ। ਜੇਕਰ ਪੇਸ਼ੀ ਲਈ ਲਿਜਾਇਆ ਜਾਵੇ ਤਾਂ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ।
Comment here