ਇਕ ਕਰੋੜ ਰੁਪਏ ਰਿਸ਼ਵਤ ਲੈ ਕੇ ਧੋਖਾਦੇਹੀ ਦੇ ਦੋਸ਼ੀ ਨੂੰ ਬਰੀ ਕਰਵਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ ਤੇ ਏਐੱਸਆਈ ਹਰਜਿੰਦਰ ਸਿੰਘ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੰਗਲਵਾਰ ਨੂੰ ਫਿਰ ਤੋਂ ਮੋਹਾਲੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਦੋਵਾਂ ਨੂੰ ਹੋਰ ਤਿੰਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਅਸ਼ੀਸ਼ ਕਪੂਰ ਖਿਲਾਫ ਸਾਲ 2019 ‘ਚ ਜ਼ੀਰਕਪੁਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਜਾਂਚ ਵਿੱਚ ਆਸ਼ੀਸ਼ ਕਪੂਰ ਨੂੰ ਦੋਸ਼ੀ ਪਾਇਆ ਸੀ ਪਰ ਉਸ ਵੇਲੇ ਦੀ ਕੈਪਟਨ ਸਰਕਾਰ ਵੇਲੇ ਕਪੂਰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸੀ। ਫਿਰ ਕਪੂਰ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਉਨ੍ਹਾਂ ਨੂੰ ਬਰੀ ਕਰਕੇ ਕਲੀਨ ਚਿੱਟ ਦੇ ਦਿੱਤੀ ਸੀ।