NewsPunjab news

ਬੀਬੀਆਂ ਨੂੰ ਕਈ ਹਜ਼ਾਰ ਕਰੋੜ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਟਰਾਂਸਪੋਰਟ ਮੰਤਰੀ ਭੁੱਲਰ ਨੇ ਦੱਸਿਆ ਪੂਰਾ ਵੇਰਵਾ |

ਕੈਪਟਨ ਸਰਕਾਰ ਵੇਲੇ ਤੋਂ ਸੂਬੇ ‘ਚ ਸ਼ੁਰੂ ਕੀਤੀ ਹੋਈ ਬੀਬੀਆਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਜਿਸ ਕਰਕੇ ਮੌਜ਼ੂਦਾ ਸਰਕਾਰ ਨੂੰ ਵੀ ਸਰਕਾਰੀ ਖਜ਼ਾਨੇ ਚੋਂ ਕਈ ਸੌ ਕਰੋੜ ਸਾਲਾਨਾ ਖਰਚ ਕਰਨੇ ਪੈ ਰਹੇ ਨੇ |ਖੈਰ ਸੂਬੇ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਮੀਡੀਆ ਸਾਹਮਣੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਹਾ ਲੈ ਰਹੀਆਂ ਹਨ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਖ਼ਰਚ ਕੇ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਦਿੱਤਾ।

ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਯਾਤਰਾ ਯੋਜਨਾ ਲਈ ਜਿੱਥੇ ਸੂਬਾ ਸਰਕਾਰ ਨੂੰ ਵੱਡੀ ਅਦਾਇਗੀ ਕਰਨੀ ਪੈ ਰਹੀ ਹੈ, ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੀ ਪ੍ਰੇਸ਼ਾਨ ਹਨ। ਮੁਫ਼ਤ ਬੱਸ ਸਫ਼ਰ ਕਰਕੇ ਜ਼ਿਆਦਾਤਰ ਔਰਤ ਸਵਾਰੀਆਂ ਸਰਕਾਰੀ ਬੱਸਾਂ ਵਿੱਚ ਸਫਰ ਕਰਨਾ ਪਸੰਦ ਕਰਦੀਆਂ ਹਨ।

Comment here

Verified by MonsterInsights