ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਸ. ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400/- ਤੋਂ ਵਧਾ ਕੇ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵੱਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ।
ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 842 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਜਿਨਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।
ਹਾਲ ਹੀ ਵਿਚ ਓਲੰਪਿਕ ਖੇਡਾਂ ਵਿੱਚ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ ਨੂੰ ਨੌਕਰੀਆਂ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਰੁਪਏ ਦੀ ਨਗਦ ਰਾਸ਼ੀ ਵੰਡੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਸ. ਖੁੱਡੀਆਂ ਨੇ ਕਿਹਾ ਕਿ 28 ਮਹੀਨਿਆਂ ਦੌਰਾਨ 702 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।
ਸ. ਖੁੱਡੀਆਂ ਨੇ ਕੱਲ 16 ਅਗਸਤ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।