Site icon SMZ NEWS

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।

Exit mobile version