NewsPunjab news

PRTC, Pun Bus ਤੇ Punjab Roadways ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ, PRTC – PunBus ਮੁਲਾਜਮਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਖਤਮ

  

ਪੰਜਾਬ ਵਿੱਚ PRTC ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰੇ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਅੱਜ ਹੋਈ ਅਹਿਮ ਮੀਟਿੰਗ ਵੀ ਕਿਸੇ ਠੋਸ ਨਤੀਜੇ ’ਤੇ ਨਹੀਂ ਪਹੁੰਚ ਸਕੀ। ਇਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਮੀਟਿੰਗ ਤੋਂ ਬਾਅਦ PRTC ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕੁਝ ਮੰਗਾਂ ’ਤੇ ਸਹਿਮਤੀ ਤਾਂ ਜਤਾਈ ਹੈ, ਪਰ ਅਜੇ ਤੱਕ ਮੰਗਾਂ ਨੂੰ ਪੂਰਾ ਕਰਨ ਸਬੰਧੀ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ’ਤੇ ਚਰਚਾ ਕੀਤੀ ਗਈ ਅਤੇ ਹੁਣ ਸਰਕਾਰ ਨੇ ਅਗਲੀ ਮੀਟਿੰਗ 29 ਅਕਤੂਬਰ ਨੂੰ ਤੈਅ ਕੀਤੀ ਹੈ। ਮੁਲਾਜ਼ਮ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਅੱਜ ਹੀ ਲਿਖਤੀ ਪੱਤਰ ਜਾਰੀ ਕਰ ਦਿੰਦੀ ਹੈ, ਤਾਂ ਹੜਤਾਲ ਖ਼ਤਮ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਨਹੀਂ ਤਾਂ ਸੰਘਰਸ਼ ਲੰਬਾ ਚੱਲ ਸਕਦਾ ਹੈ।

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣਾ, ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨਾ ਅਤੇ ਪਨਬੱਸ ਦੇ ਸਰਵਿਸ ਰੂਲ ਬਣਨ ਤੋਂ ਬਾਅਦ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।

ਯੂਨੀਅਨ ਪਹਿਲਾਂ ਹੀ ਚਿਤਾਵਨੀ ਦੇ ਚੁੱਕੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਪੱਕਾ ਧਰਨਾ ਲਾਇਆ ਜਾਵੇਗਾ।

ਦੂਜੇ ਪਾਸੇ, ਹੜਤਾਲ ਕਾਰਨ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਆਮ ਲੋਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ 29 ਅਕਤੂਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਕੋਈ ਸਹਿਮਤੀ ਬਣਦੀ ਹੈ ਜਾਂ ਪੰਜਾਬ ਦੇ ਲੋਕਾਂ ਨੂੰ ਬੱਸਾਂ ਦੀ ਹੜਤਾਲ ਕਾਰਨ ਅਜੇ ਹੋਰ ਪਰੇਸ਼ਾਨੀਆਂ ਝੱਲਣੀਆਂ ਪੈਣਗੀਆਂ।

Comment here

Verified by MonsterInsights