ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਆਮ ਆਦਮੀ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ। ਪਰ ਅਜੇ ਤੱਕ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ CM ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਦੂਜੇ ਪਾਸੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਕਾਫੀ ਸਮੇਂ ਤੋਂ ‘ਆਪ’ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੀ ਚਰਚਾ ਵਿੱਚ ਆ ਰਿਹਾ ਹੈ। ਜਦੋਂ ਇਸ ਬਾਰੇ ਬਲਬੀਰ ਰਾਜੇਵਾਲ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ।
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਜਦੋਂ ਰਾਜੇਵਾਲ ਤੋਂ ਆਮ ਆਦਮੀ ਪਾਰਟੀ ਦਾ CM ਉਮੀਦਵਾਰ ਬਣਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੇ ਮੇਰੇ ਕੋਲ ਇਸ ਬਾਰੇ ਕਿਸੇ ਨੇ ਪਹੁੰਚ ਨਹੀਂ ਕੀਤੀ। ਅਸੀਂ ਇੱਕ ਸਾਲ ਤੋਂ ਦਿੱਲੀ ਸਰਹੱਦਾਂ ‘ਤੇ ਬੈਠੇ ਹੋਏ ਹਾਂ ਫਿਲਹਾਲ ਤਾਂ ਅਸੀਂ ਘਰ ਜਾਣਾ ਚਾਹੁੰਦੇ ਹਾਂ।
ਹਾਲਾਂਕਿ ਉਨ੍ਹਾਂ ਨੇ ਇਸ ਸੰਭਾਵਨਾ ਬਾਰੇ ਇਨਕਾਰ ਵੀ ਨਹੀਂ ਕੀਤਾ। ਕਿਸਾਨ ਆਗੂ ਨੇ ਕਿਹਾ ਕਿ ਕੁਝ ਵੀ ਹੋ ਸਕਦਾ ਹੈ। ਲੋਕਾਂ ਦੀ ਗੱਲ ਮੁਤਾਬਕ ਹੁੰਦਾ ਹੈ। ਪਰ ਅਸੀਂ ਇਸ ਬਾਰੇ ਅਜੇ ਸੋਚਿਆ ਨਹੀਂ ਹੈ। ਅਸੀਂ ਪਹਿਲਾਂ ਤੋਂ ਹੀ ਤੈਅ ਕੀਤਾ ਹੋਇਆ ਸੀ ਕਿ ਅੰਦੋਲਨ ਦੌਰਾਨ ਕੋਈ ਸਿਆਸੀ ਗੱਲ ਨਹੀਂ ਕਰੇਗਾ। ਜਦੋਂ ਅੰਦੋਲਨ ਖਤਮ ਹੋਵੇਗਾ ਉਸ ਤੋਂ ਬਾਅਦ ਦੇਖਾਂਗੇ ਕਿ ਕੀ ਕਰਨਾ ਹੈ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਦੀ ਗੱਲ ਨੂੰ ਸਵੀਕਾਰ ਵੀ ਨਹੀਂ ਕੀਤਾ ਪਰ ਨਕਾਰਿਆ ਵੀ ਨਹੀਂ। ਉਨ੍ਹਾਂ ਕਿਹਾ ਕਿ ਇਸ ਗੱਲ ਨਾਲ ਤਾਂ ਮੈਂ ਸਹਿਮਤ ਹਾਂ ਕਿ ਸਿਆਸਤ ਵਿੱਚ ਬਦਲਾਅ ਆਉਣਾ ਚਾਹੀਦਾ ਹੈ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਲੰਮੇ ਸਮੇਂ ਤੋਂ ਉਨ੍ਹਾਂ ਨੂੰ ਸੀ.ਐੱਮ. ਚਿਹਰਾ ਐਲਾਨਣ ਲਈ ਉਨ੍ਹਾਂ ਦੇ ਸਮਰਥਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਤੇ ਕੇਜਰੀਵਾਲ ਦੇ ਪ੍ਰੋਗਰਾਮਾਂ ਦੌਰਾਨ ਮਾਨ ਦੇ ਸਮਰਥਨ ਵਿੱਚ ਨਾਅਰੇ ਵੀ ਲੱਗਦੇ ਰਹਿੰਦੇ ਹਨ। ਪਰ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਂ ਆਉਣ ‘ਤੇ ਉਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਖੁਦ ਕਰ ਦੇਣਗੇ।
Comment here