ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਸੇ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ ਸੋਮਵਾਰ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ। ਪਰ ਇਸ ਸਬੰਧੀ ਰਾਮ ਰਹੀਮ ਅੱਗੇ ਇੱਕ ਸ਼ਰਤ ਰੱਖੀ ਗਈ ਹੈ ਕਿ ਪੈਰੋਲ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ਵਿੱਚ ਹੀ ਰਹੇਗਾ।
ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
Comment here