ਪਾਕਿਸਤਾਨ ਵਿੱਚ ਚੱਲ ਰਹੀ ਸਿਆਸੀ ਅਸਥਿਰਤਾ ਵਿਚਾਲੇ ਹੁਣ ਇਮਰਾਨ ਖਾਨ ਦੀ ਸਰਕਾਰ ਡਿੱਗ ਗਈ ਹੈ । ਅੱਜ ਪਾਕਿਸਤਾਨੀ ਸੰਸਦ ਵਿੱਚ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਹੋਈ ਵੋਟਿੰਗ ਵਿੱਚ ਉਨ੍ਹਾਂ ਦੀ ਸਰਕਾਰ ਹਾਰ ਗਈ । ਇਮਰਾਨ ਖਾਨ ਦੇ ਖਿਲਾਫ 174 ਵੋਟਾਂ ਪਈਆਂ। ਇਮਰਾਨ ਖਾਨ ਦੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵੋਟਿੰਗ ਦਾ ਬਾਈਕਾਟ ਕੀਤਾ ਗਿਆ ।
ਦੱਸ ਦਈਏ ਕਿ ਪਾਕਿਸਤਾਨ ਦੇ ਚੀਫ਼ ਜਸਟਿਸ ਨੇ ਰਾਤ 12 ਵਜੇ ਸੁਪਰੀਮ ਕੋਰਟ ਦੇ ਦਰਵਾਜ਼ੇ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ, ਕਿਉਂਕਿ ਨੈਸ਼ਨਲ ਅਸੈਂਬਲੀ ਦੇ ਮੈਂਬਰ ਅਸਦ ਕੈਸਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਦੀ ਇਜਾਜ਼ਤ ਨਹੀਂ ਦਿੱਤੀ ਸੀ। ਅਜਿਹੇ ਵਿੱਚ ਅਦਾਲਤ ਦੇ ਹੁਕਮਾਂ ਤੋਂ ਬਾਅਦ ਬੇਭਰੋਸਗੀ ਮਤੇ ‘ਤੇ ਅੱਧੀ ਰਾਤ ਨੂੰ ਵੋਟਿੰਗ ਹੋਈ।
ਹੁਣ ਜਦੋਂ ਪਾਕਿਸਤਾਨ ਵਿੱਚ ਇਮਰਾਨ ਖਾਨ ਦੀ ਸਰਕਾਰ ਡਿੱਗ ਗਈ ਹੈ ਅਜਿਹੇ ਵਿੱਚ ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਹੋ ਸਕਦੇ ਹਨ। ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਾਹਬਾਜ਼ ਸ਼ਰੀਫ਼ ਦਾ ਨਾਮ ਅੱਗੇ ਰੱਖਿਆ ਹੈ। ਪਾਕਿਸਤਾਨ ਵਿੱਚ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਆਪਣਾ ਕਾਰਜਕਾਲ ਪੂਰਾ ਨਹੀਂ ਕੀਤਾ ਹੈ। ਇਮਰਾਨ ਪਹਿਲੇ ਅਜਿਹੇ ਨੇਤਾ ਹਨ, ਜਿਨ੍ਹਾਂ ਨੂੰ ਬੇਭਰੋਸਗੀ ਮਤੇ ਰਾਹੀਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਦੀ ਵਿਚਕਾਰਲੀ ਰਾਤ ਨੂੰ ਇਮਰਾਨ ਵੋਟਿੰਗ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਰਿਹਾਇਸ਼ ਛੱਡ ਦਿੱਤੀ।
Comment here