ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਖਲ ਦੇ ਕੇ ਐੱਸ.ਆਰ.ਬੀ. ਅੱਗੇ ਤੱਥ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਤੁਹਾਡੀ ਸਰਕਾਰ ਦੇ ‘ਸੇਂਟੇਂਸ ਰਿਵਿਊ ਬੋਰਡ’ (SRB) ਦੇ ਫੈਸਲੇ ਨੇ ਅਜੇ ਤੱਕ ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਰੋਕਿਆ ਹੋਇਆ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸਿੱਖਾਂ ਦੇ ਨਾਲ-ਨਾਲ ਪੰਜਾਬੀ ਵੀ ਪ੍ਰੋਫੈਸਰ ਭੁੱਲਰ ਦੀ ਲਗਾਤਾਰ ਰਿਹਾਈ ਦੀ ਮੰਗ ਕਰਦੇ ਆ ਰਹੇ ਹਨ, ਜੋਕਿ 26 ਸਾਲਾਂ ਦੇ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਖਰਾਬ ਹੁੰਦੀ ਸਰੀਰਕ ਤੇ ਮਾਨਿਸਕ ਹਾਲਤ ਨੂੰ ਧਿਆਨ ਵਿੱਚ ਰਖਦੇ ਹੋਏ ਮਨੁੱਖਤਾਵਾਦੀ ਆਧਾਰ ‘ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਤੁਸੀਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਹਾ ਸੀ ਕਿ ਤੁਸੀਂ SRB ਨੂੰ ਪ੍ਰੋਫੈਸਰ ਭੁੱਲਰ ਦੀ ਰਿਹਾਈ ਰੋਕਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪਰ 3 ਮਾਰਚ ਨੂੰ ਐੱਸ.ਆਰ.ਬੀ. ਦੀ ਹੋਈ ਮੀਟਿੰਗ ਨੇ ਤੁਹਾਡੇ ਵੱਲੋਂ ਦਿੱਤੀ ਗਈ ਵਚਨਬੱਧਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਤੁਹਾਨੂੰ ਵੀ ਪਤਾ ਹੈ ਕਿ ਸਿਰਫ ਦਿੱਲੀ ਸਰਕਾਰ ਉਨ੍ਹਾਂ ਦੀ ਰਿਹਾਈ ਦੇ ਰਾਹ ਵਿੱਚ ਖੜ੍ਹੀ ਹੈ। ਸੁਪਰੀਮ ਕੋਰਟ ਨੇ ਪ੍ਰੋਫੈਸਰ ਭੁੱਲਰ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਦੌਰਾਨ ਬੇਲੋੜੀ ਦੇਰੀ ਦੇ ਆਧਾਰ ‘ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਕੇਂਦਰ ਸਰਕਾਰ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਕਤੂਬਰ 2019 ਵਿੱਚ 8 ਸਿੰਘਾਂ ਸਣੇ ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਹਾਲਾਂਕਿ 2020 SRB ਦੀ ਦਿੱਲੀ ਦੇ ਗ੍ਰਹਿ ਮੰਤਰੀ ਸਤਿਏਂਦਰ ਜੈਨ ਦੀ ਅਗਵਾਈ ਵਾਲੀ ਮੀਟਿੰਗ ਦੌਰਾਨ ਪ੍ਰੋਫੈਸਰ ਭੁੱਲਰ ਦੀ ਰਿਹਾਈ ਦੇ ਪ੍ਰਸਤਾਵ ਨੂੰ ਨਾਮਨਜ਼ੂਰ ਕਰਨ ਦੇ ਫੈਸਲੇ ‘ਤੇ ਸਮੁੱਚੇ ਸਿੱਖ ਭਾਈਚਾਰੇ ਨੂੰ ਹੈਰਾਨੀ ਹੋਈ ਸੀ। SRB ਵੱਲੋਂ ਚਾਰ ਵਾਰ ਰਿਹਾਈ ਨੂੰ ਰੋਕ ਦਿੱਤਾ ਗਿਆ।
Comment here