ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ 101 ਅਫਗਾਨੀ ਸਿੱਖਾਂ ਲਈ ਈ-ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।
ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ 101 ਅਫਗਾਨੀ ਸਿੱਖਾਂ ਲਈ ਈ-ਵੀਜ਼ਾ ਜਾਰੀ ਕੀਤਾ ਹੈ। ਮੈਂ ਵਿਦੇਸ਼ ਮੰਤਰਾਲੇ ਦਾ ਵੀ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਤੋਂ ਅਫਗਾਨਿਸਤਾਨ ਗਏ ਸਿੱਖ ਅਤੇ ਹਿੰਦੂ ਵੀਜ਼ਾ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਅਰਜ਼ੀ ‘ਤੇ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਭਾਜਪਾ ਆਗੂ ਸਿਰਸਾ ਕਿਹਾ ਕਿ ਖੁਰਾਸਾਨ ਦਾ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ‘ਤੇ ਹਮਲਾ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਸਿੱਖਾਂ ਨੂੰ ਇਸਲਾਮ ਕਬੂਲ ਕਰਨ ਜਾਂ ਗੁਰਦੁਆਰੇ ‘ਤੇ ਕਿਸੇ ਹੋਰ ਹਮਲੇ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਸਾਰੀਆਂ ਕੌਮਾਂ ਨੂੰ ਇਕਜੁੱਟ ਹੋ ਕੇ ਸਿੱਖਾਂ ‘ਤੇ ਇਸ ਜ਼ੁਲਮ ਦੀ ਨਿੰਦਾ ਕਰਨੀ ਚਾਹੀਦੀ ਹੈ।
Comment here