ਪ੍ਰਸਿੱਧ ਪੰਜਾਬੀ ਫਿਲਮ ਕਲਾਕਾਰ ਦੀਪ ਸਿੱਧੂ ਵੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ…
ਅੱਜ ਪੰਜਾਬ ਬੰਦ ਦੇ ਸ਼ੁਰੂ ਹੋਣ ਦੇ ਨਾਲ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ ਜਿਸ ਦੇ ਤਹਿਤ ਕਿਸਾਨਾਂ ਜਥੇਬੰਦੀਆਂ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿਚ ਸੜਕਾਂ ਜਾਮ ਕਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਇਸੇ ਹੀ ਕੜੀ ਤਹਿਤ ਪੰਜਾਬ ਦੀ ਹਰਿਆਣਾ ਨਾਲ ਲੱਗਦੀ ਸਰਹੱਦ ‘ਤੇ ਸ਼ੰਭੂ ਬਾਰਡਰ ਮੁੱਖ ਮਾਰਗ ਕਿਸਾਨਾਂ ਨੇ ਬੰਦ ਕਰ ਦਿੱਤਾ ਹੈ।
ਪ੍ਰਸਿੱਧ ਪੰਜਾਬੀ ਫਿਲਮ ਕਲਾਕਾਰ ਦੀਪ ਸਿੱਧੂ ਵੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਅਸੀਂ ਆਪਣੀ ਜ਼ਮੀਰ ਕਿਵੇਂ ਵੇਚ ਦੇਈਏ, ਆਪਣੇ ਲੋਕਾਂ ਨਾਲ ਧੋਖਾ ਕਿਵੇਂ ਕਰੀਏ। ਉਹਨਾਂ ਕਿਹਾ ਕਿ ਖੇਤੀ ਬਿੱਲਾਂ ਵਿਚ ਸਭ ਤੋਂ ਵੱਡੀ ਮੁਸ਼ਕਿਲ ਇਹ ਹੈ ਕਿ ਮੰਡੀ ਕੀ ਹੈ, ਇਸਦੀ ਪ੍ਰਰਿਭਾਸ਼ਾ ਹੀ ਨਹੀਂ ਦੱਸੀ ਗਈ। ਪੂੰਜੀਪਤੀਆ ਨੂੰ ਖੇਤੀਬਾੜੀ ਸੈਕਟਰ ਵਿਚ ਵਾੜਿਆ ਜਾ ਰਿਹਾ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਤੇ ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ ਇੰਡੀਆ ਨੇ ਫਿਲੌਰ ਵਿਖੇ ਅੰਮ੍ਰਿਤਸਰ-ਦਿੱਲੀ ਮਾਰਗ ਜਾਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਵੱਖ ਵੱਖ ਥਾਵਾਂ ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਦੀਆਂ ਰਿਪੋਰਟਾਂ ਪ੍ਰਾਪਤ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ‘ਚੱਕਾ ਜਾਮ’ ਸ਼ੁਰੂ ਕਰ ਦਿੱਤਾ ਹੈ। ਨਾਭਾ ਵਿਖੇ ਕਿਸਾਨਾਂ ਨੇ ਰੇਲ ਆਵਾਜਾਈ ਠੱਪ ਕਰ ਦਿੱਤੀ ਹੈ। ਲੰਬੀ ਵਿਖੇ ਵੀ ਧਰਨਾ ਸ਼ੁਰੂ ਹੋ ਗਿਆ ਹੈ।
Comment here