Events

PATIALA NEWS: ‘ਪੁਲਿਸ ਸ਼ਹੀਦੀ ਦਿਵਸ’ ਮੌਕੇ ਲਗਾਇਆ ਖੂਨਦਾਨ ਕੈਂਪ

ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਪੁਲਿਸ ਨੇ ਲਗਾਇਆ ਖੂਨ ਦਾਨ ਕੈਂਪ…

ਹਰ ਸਾਲ 21 ਅਕਤੂਬਰ ਨੂੰ ਮਨਾਏ ਜਾਂਦੇ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਦੇ ਮੌਕੇ ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਪੁਲਿਸ ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਅਤੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਖੂਨ ਦਾਨ ਕੀਤਾ ਗਿਆ।

ਇਸ ਮੌਕੇ ਤੇ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਨੇ ਕਿਹਾ ਕਿ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਖੂਨ ਦਾਨ ਕੈਂਪ ਲਗਾਉਣ ਸ਼ਲਾਘਾਯੋਗ ਕਦਮ ਹੈ ਅਤੇ ਇਸ ਨਾਲ ਹੋਰਨਾਂ ਨੂੰ ਵੀ ਸਮਾਜ ਭਲਾਈ ਦੇ ਕੰਮਾਂ ‘ਚ ਹਿੱਸਾ ਪਾਉਣ ਦੀ ਪ੍ਰੇਰਨਾ ਮਿਲੇਗੀ।

13ਵੀਂ ਵਾਰ ਖੂਨਦਾਨ ਕਰਨ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ‘ਚ ਵੱਧ ਚੜਕੇ ਹਿੱਸਾ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਦੇ ਕਰੋਨਾ ‘ਤੇ ਜਿੱਤ ਪਾਉਣ ਵਾਲੇ 19 ਪੁਲਿਸ ਅਧਿਕਾਰੀਆਂ ਵੱਲੋਂ ਰਜਿੰਦਰਾ ਹਸਪਤਾਲ ਵਿਖੇ ਪਲਾਜ਼ਮਾ ਦਾਨ ਕਰਨ ਲਈ ਸੈਂਪਲ ਦਿੱਤਾ ਗਿਆ ਸੀ, ਜਿਸ ਵਿਚੋਂ 5 ਪੁਲਿਸ ਅਧਿਕਾਰੀ ਪਲਾਜ਼ਮਾ ਦੇਣ ਲਈ ਤੰਦਰੁਸਤ ਅਤੇ ਫਿੱਟ ਪਾਏ ਗਏ ਹਨ।

ਕੋਵਿਡ ਹਦਾਇਤਾਂ ਦੀ ਪਾਲਣਾ ਕਰਦਿਆ ਅੱਜ ਪੁਲਿਸ ਹਸਪਤਾਲ ਵਿਖੇ ਡਾਕਟਰ ਸਜੀਲਾ ਖਾਨ ਦੀ ਨਿਗਰਾਨੀ ਹੇਠ ਆਈ.ਪੀ.ਐਸ. ਟਰੇਨੀ ਸ੍ਰੀ ਮੁਹੰਮਦ ਸਰਫਰਾਜ ਆਲਮ ਸਮੇਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਖੂਨ ਦਾਨ ਕੀਤੇ ਗਏ 42 ਯੂਨਿਟਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ।

Comment here

Verified by MonsterInsights